੧੦
ਯਿਸੂ ਦੇ ਬਾਰਾਂ ਚੇਲੇ
(ਮਰਕੁਸ 3:13-19; ਲੂਕਾ 6:12-16)
੧ ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ ।
੨ ਬਾਰਾਂ ਰਸੂਲਾਂ ਦੇ ਇਹ ਨਾਮ ਹਨ, ਪਹਿਲਾ ਸ਼ਮਊਨ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਸ ਦਾ ਭਰਾ ਅੰਦ੍ਰਿਯਾਸ, ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸ ਦਾ ਭਰਾ ਯੂਹੰਨਾ, ੩ ਫ਼ਿਲਿੱਪੁਸ, ਬਰਥੁਲਮਈ, ਥੋਮਾ ਅਤੇ ਮੱਤੀ ਚੁੰਗੀ ਲੈਣ ਵਾਲਾ, ਹਲਫ਼ਈ ਦਾ ਪੁੱਤਰ ਯਾਕੂਬ ਅਤੇ ਥੱਦਈ, ੪ ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਹ ਨੂੰ ਫੜਵਾ ਵੀ ਦਿੱਤਾ ।
ਬਾਰਾਂ ਚੇਲਿਆਂ ਦੀ ਸੇਵਾ
(ਮਰਕੁਸ 6:7-13; ਲੂਕਾ 9:1-16, 10:4-12)
੫ ਇਨ੍ਹਾਂ ਬਾਰਾਂ ਨੂੰ ਯਿਸੂ ਨੇ ਭੇਜਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦਿੱਤੀ: “ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ” । ੬ ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ । ੭ ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ । ੮ ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ । ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ । ੯ ਸੋਨਾ, ਚਾਂਦੀ ਅਤੇ ਤਾਂਬਾ ਆਪਣੇ ਕਮਰ ਕੱਸੇ ਵਿੱਚ ਨਾ ਲਓ । ੧੦ ਅਤੇ ਨਾ ਰਾਹ ਦੇ ਲਈ ਝੋਲਾ ਨਾ ਦੋ ਕੁੜਤੇ ਨਾ ਜੁੱਤੀ ਅਤੇ ਨਾ ਲਾਠੀ ਲਓ ਕਿਉਂ ਜੋ ਕਾਮਾ ਆਪਣੇ ਭੋਜਨ ਦਾ ਹੱਕਦਾਰ ਹੈ । ੧੧ ਅਤੇ ਜਿਸ ਕਿਸੇ ਨਗਰ ਜਾਂ ਪਿੰਡ ਵਿੱਚ ਵੜੋ ਪੁੱਛੋ ਕਿ ਇੱਥੇ ਕੌਣ ਯੋਗ ਹੈ, ਜਿੰਨਾਂ ਚਿਰ ਨਾ ਉੱਥੋਂ ਨਾ ਤੁਰੋ, ਉੱਥੇ ਹੀ ਠਹਿਰੇ ਰਹੋ l ੧੨ ਅਤੇ ਘਰ ਵਿੱਚ ਵੜਦਿਆਂ ਉਹ ਦੀ ਸੁੱਖ ਮੰਗੋ । ੧੩ ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ । ੧੪ ਅਤੇ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਨਾ ਤੁਹਾਡੀਆਂ ਗੱਲਾਂ ਸੁਣੇ, ਤਾਂ ਤੁਸੀਂ ਉਸ ਘਰ ਜਾਂ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ । ੧੫ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ ।
ਆਉਣ ਵਾਲਾ ਕਸ਼ਟ
(ਮਰਕੁਸ 13:9-13; ਲੂਕਾ 21:12-17)
੧੬ ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ । ੧੭ ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣੀਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ । ੧੮ ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ । ੧੯ ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ । ੨੦ ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ । ੨੧ ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ । ੨੨ ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ । ੨੩ ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ ।
੨੪ ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਨਾ ਨੌਕਰ ਆਪਣੇ ਮਾਲਕ ਨਾਲੋਂ । ੨੫ ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ । ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ ( ਮੂਲ ਭਾਸ਼ਾ ਵਿੱਚ ਬਾਲਜਬੂਲ) ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ ।
ਕਿਸ ਤੋਂ ਡਰਨਾ ਚਾਹੀਦਾ ਹੈ ?
(ਲੂਕਾ 12:2-7)
੨੬ ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ ਜਿਹੜੀ ਪ੍ਰਗਟ ਨਾ ਕੀਤੀ ਜਾਵੇਗੀ, ਨਾ ਕੁੱਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ । ੨੭ ਜੋ ਕੁੱਝ ਵੀ ਮੈਂ ਤੁਹਾਨੂੰ ਹਨ੍ਹੇਰੇ ਵਿੱਚ ਆਖਦਾ ਹਾਂ ਤੁਸੀਂ ਉਹ ਨੂੰ ਚਾਨਣ ਵਿੱਚ ਆਖੋ, ਅਤੇ ਜੋ ਕੁੱਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋ ਕੋਠਿਆਂ ਉੱਤੇ ਉਹ ਦਾ ਪ੍ਰਚਾਰ ਕਰੋ । ੨੮ ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ । ੨੯ ਕੀ, ਇੱਕ ਪੈਸੇ ਨੂੰ ਦੋ ਚਿੜੀਆਂ ਨਹੀਂ ਵਿਕਦੀਆਂ ? ਫਿਰ ਵੀ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ । ੩੦ ਪਰ ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ । ੩੧ ਇਸ ਲਈ ਨਾ ਡਰੋ । ਤੁਸੀਂ ਚਿੜੀਆਂ ਨਾਲੋਂ ਉੱਤਮ ਹੋ ।
ਯਿਸੂ ਦਾ ਇਕਰਾਰ ਜਾਂ ਇਨਕਾਰ ਕਰਨਾ
(ਲੂਕਾ 12:8, 9)
੩੨ ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ । ੩੩ ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ ।
ਯਿਸੂ ਦੇ ਆਉਣ ਦਾ ਸਬੂਤ
(ਲੂਕਾ 12:51-53, 4:26,27)
੩੪ ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ । ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ । ੩੫ ਕਿਉਂਕਿ ਮੈਂ ਪੁੱਤਰ ਨੂੰ ਉਹ ਦੇ ਪਿਓ ਤੋਂ, ਧੀ ਨੂੰ ਉਹ ਦੀ ਮਾਂ ਤੋਂ ਅਤੇ ਨੂਹ ਨੂੰ ਉਹ ਦੀ ਸੱਸ ਤੋਂ ਅਲੱਗ ਕਰਨ ਆਇਆ ਹਾਂ । ੩੬ ਅਤੇ ਮਨੁੱਖ ਦੇ ਵੈਰੀ ਉਹ ਦੇ ਘਰ ਵਾਲੇ ਹੀ ਹੋਣਗੇ । ੩੭ ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ । ੩੮ ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ । ੩੯ ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ ।
ਪ੍ਰਤੀਫਲ
(ਮਰਕੁਸ 9:41)
੪੦ ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ । ੪੧ ਜੇਕਰ ਕੋਈ ਕਿਸੇ ਨੂੰ ਨਬੀ ਹੋਣ ਦੇ ਕਾਰਨ ਕਬੂਲ ਕਰੇ, ਉਹ ਨਬੀ ਦਾ ਫਲ ਪ੍ਰਾਪਤ ਕਰੇਗਾ ਅਤੇ ਜੇਕਰ ਕੋਈ ਕਿਸੇ ਨੂੰ ਧਰਮੀ ਹੋਣ ਦੇ ਕਾਰਨ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ । ੪੨ ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ ।