ਯਿਸੂ ਅਤੇ ਨਿਕੋਦਿਮੁਸ
੧ ਉੱਥੇ ਨਿਕੋਦਿਮੁਸ ਨਾਮ ਦਾ ਇੱਕ ਮਨੁੱਖ ਸੀ, ਜੋ ਫ਼ਰੀਸੀਆਂ ਵਿੱਚੋਂ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ । ੨ ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ । ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ ।” ੩ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ । ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ ।” ੪ ਨਿਕੋਦਿਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਦੁਬਾਰਾ ਜਨਮ ਸਕਦਾ ਹੈ ? ਕੀ ਇਹ ਸਕਦਾ ਜੋ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰੀ ਜਾਵੇ ? ” ੫ ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ । ੬ ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ । ੭ ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ ।’ ੮ ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ । ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ । ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ । ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ ।” ੯ ਨਿਕੋਦਿਮੁਸ ਨੇ ਪੁੱਛਿਆ, “ਇਹ ਕਿਵੇਂ ਹੋ ਸਕਦਾ ? ” ੧੦ ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਗੁਰੂ ਹੈ ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ ? ੧੧ ਮੈਂ ਤੁਹਾਨੂੰ ਸੱਚ ਦੱਸਦਾ ਹਾਂ । ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ । ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ । ੧੨ ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ । ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ । ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ ? ੧੩ ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ । ੧੪ ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ । ੧੫ ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ ।” ੧੬ ਪਰਮੇਸ਼ੁਰ ਨੇ ਸੰਸਾਰ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ । ੧੭ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ । ੧੮ ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ । ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ । ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ । ੧੯ ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ । ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ । ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ । ੨੦ ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ । ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ । ੨੧ ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ । ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ ।
ਯਿਸੂ ਦੇ ਬਾਰੇ ਯੂਹੰਨਾ ਦੀ ਗਵਾਹੀ
੨੨ ਇਸ ਦੇ ਪਿਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਆਏ । ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ । ੨੩ ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ । ਏਨੋਨ ਸਾਲੇਮ ਦੇ ਨੇੜੇ ਹੈ । ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦਿੰਦਾ ਸੀ ਕਿਉਂਕਿ ਉੱਥੇ ਬਹੁਤ ਪਾਣੀ ਸੀ । ਲੋਕ ਉੱਥੇ ਬਪਤਿਸਮਾ ਲੈਣ ਲਈ ਜਾਂਦੇ ਸਨ । ੨੪ ਇਹ ਗੱਲ ਯੂਹੰਨਾ ਨੂੰ ਕੈਦ ਹੋਣ ਤੋਂ ਪਹਿਲਾਂ ਦੀ ਹੈ । ੨੫ ਫਿਰ ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਬਹਿਸ ਕੀਤੀ । ੨੬ ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ । ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਆ ਰਹੇ ਸਨ ।” ੨੭ ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ ।” ੨੮ ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ “ਮੈਂ ਮਸੀਹ ਨਹੀਂ ਹਾਂ, ਪਰ ਮੈਂ ਪਰਮੇਸ਼ੁਰ ਦੇ ਦੁਆਰਾ ਉਸ ਵਾਸਤੇ ਰਾਹ ਬਣਾਉਣ ਲਈ ਭੇਜਿਆ ਗਿਆ ਸੀ ।” ੨੯ ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ । ਇਹ ਖੁਸ਼ੀ ਮੈਨੂੰ ਮਿਲੀ ਹੈ । ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ । ੩੦ ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ । ੩੧ “ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ । ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ । ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ । ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ । ੩੨ ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ । ੩੩ ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ । ੩੪ ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ । ੩੫ ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ । ੩੬ ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ ।”