੧੬
੧ ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ । ੨ ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ । ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ । ੩ ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ । ੪ ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ ।
ਪਵਿੱਤਰ ਆਤਮਾ ਦੇ ਕੰਮ
ਇਹ ਗੱਲਾਂ ਮੈਂ ਤੁਹਾਨੂੰ ਸ਼ੁਰੂ ਤੋਂ ਹੀ ਦੱਸੀਆਂ ਸੀ ਕਿਉਂਕਿ ਮੈਂ ਤੁਹਾਡੇ ਨਾਲ ਸੀ । ੫ ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾਂਦਾ ਹੈ । ੬ ਤੁਹਾਡੇ ਦਿਲ ਦੁੱਖ ਨਾਲ ਭਰੇ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਆਖੀਆਂ ਹਨ । ੭ ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ । ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ । ੮ ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ । ੯ ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ l ੧੦ ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਦੇ ਵਿਖੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾਂਦਾ ਹਾਂ । ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ । ੧੧ ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ । ੧੨ “ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁੱਝ ਹੈ, ਪਰ ਇਸ ਸਮੇਂ ਤੁਹਾਡੇ ਲਈ ਉਨ੍ਹਾਂ ਨੂੰ ਸਹਿਣਾ ਮੁਸ਼ਕਿਲ ਹੈ । ੧੩ ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ । ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ । ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ । ੧੪ ਸਚਿਆਈ ਦਾ ਆਤਮਾ ਮੈਨੂੰ ਵਡਿਆਈ ਦੇਵੇਗਾ । ਕਿਉਂਕਿ ਉਹ ਮੇਰੀਆਂ ਗੱਲਾਂ ਹੀ ਤੁਹਾਨੂੰ ਦੱਸੇਗਾ । ੧੫ ਉਹ ਸਭ ਕੁੱਝ ਜੋ ਪਿਤਾ ਦਾ ਹੈ, ਮੇਰਾ ਹੈ । ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ ।
ਚੇਲਿਆਂ ਦਾ ਦੁੱਖ-ਸੁੱਖ ਵਿੱਚ ਬਦਲ ਜਾਵੇਗਾ
੧੬ “ਥੋੜੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ । ਉਸ ਤੋਂ ਕੁੱਝ ਦੇਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ ।” ੧੭ ਕੁੱਝ ਚੇਲਿਆਂ ਨੇ ਆਪਸ ਵਿੱਚ ਕਿਹਾ, ਯਿਸੂ ਦਾ ਇਸ ਤੋਂ ਕੀ ਭਾਵ ਹੈ ? ਜੋ ਉਹ ਕਹਿੰਦਾ ਕਿ, “ਕੁੱਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁੱਝ ਦੇਰ ਬਾਅਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ ਉਹ ਕਹਿੰਦਾ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾਂਦਾ ਹਾਂ ? ” ੧੮ ਤਾਂ ਉਨ੍ਹਾਂ ਨੇ ਪੁੱਛਿਆ, “ਥੋੜੀ ਦੇਰ” ਤੋਂ ਉਸਦਾ ਕੀ ਭਾਵ ਹੈ ? ਜੋ ਉਹ (ਯਿਸੂ) ਕਹਿੰਦਾ ਹੈ ਅਸੀਂ ਨਹੀਂ ਸਮਝੇ । ੧੯ ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਰੇ ਕੁੱਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਗੱਲ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋੜ੍ਹੇ ਦੇਰ ਬਾਅਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੇ ਜਿਹੇ ਚਿਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ ? ” ੨੦ ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ l ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ । ੨੧ “ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ । ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ । ੨੨ ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ । ੨੩ ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਂਗੇ । ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁੱਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ । ੨੪ ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁੱਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ ।
ਸੰਸਾਰ ਉੱਤੇ ਜਿੱਤ
੨੫ “ਮੈਂ ਤੁਹਾਨੂੰ ਇਹ ਗੱਲਾਂ ਬੁਝਾਰਤਾਂ ਵਿੱਚ ਕੀਤੀਆਂ ਹਨ । ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁੱਝ ਵੀ ਦੱਸਣ ਲਈ ਬੁਝਾਰਤਾਂ ਨਹੀਂ ਆਖਾਂਗਾ । ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ । ੨੬ ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ । ੨੭ ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ । ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ । ੨੮ ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ ।” ੨੯ ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਕੋਈ ਬੁਝਾਰਤ ਨਹੀਂ । ੩੦ ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁੱਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁੱਝ ਪੁੱਛੇ । ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ ।” ੩੧ ਯਿਸੂ ਨੇ ਪੁੱਛਿਆ, “ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ ? ” ੩੨ ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ । ਉਹ ਸਮਾਂ ਹੁਣ ਆ ਹੀ ਚੁੱਕਿਆ ਹੈ । ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ । ੩੩ “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋਂ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ । ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ ।”