੧੬
ਨਿਸ਼ਾਨ ਦੀ ਮੰਗ
(ਮਰਕੁਸ 8:1-13; ਲੂਕਾ 12:54-56)
੧ ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆ ਕੇ ਯਿਸੂ ਨੂੰ ਪਰਖਣ ਲਈ ਉਸ ਅੱਗੇ ਬੇਨਤੀ ਕੀਤੀ ਜੋ ਸਵਰਗ ਵੱਲੋਂ ਕੋਈ ਨਿਸ਼ਾਨ ਵਿਖਾ । ੨ ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜਦੋਂ ਸ਼ਾਮ ਹੁੰਦੀ ਹੈ ਤਾਂ ਤੁਸੀਂ ਕਹਿੰਦੇ ਹੋ ਜੋ ਭਲਕੇ ਮੌਸਮ ਸਾਫ਼ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ । ੩ ਅਤੇ ਸਵੇਰ ਨੂੰ ਆਖਦੇ ਹੋ, ਅੱਜ ਹਨੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ । ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ, ਪਰ ਸਮਿਆਂ ਦੇ ਨਿਸ਼ਾਨ ਪਹਿਚਾਣ ਨਹੀਂ ਸਕਦੇ । ੪ ਇਸ ਪੀੜ੍ਹੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ, ਪਰ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਉਨ੍ਹਾਂ ਨੂੰ ਹੋਰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ ।
ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਦਾ ਖ਼ਮੀਰ
(ਮਰਕੁਸ 8:14-21)
੫ ਚੇਲੇ ਪਾਰ ਪਹੁੰਚੇ ਪਰ ਰੋਟੀ ਲੈਣੀ ਭੁੱਲ ਗਏ ਸਨ । ੬ ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ । ੭ ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਅਸੀਂ ਜੋ ਰੋਟੀ ਨਹੀਂ ਲਿਆਏ, ਇਸ ਲਈ ਉਹ ਅਜਿਹਾ ਆਖਦਾ ਹੈ । ੮ ਪਰ ਯਿਸੂ ਨੇ ਇਹ ਜਾਣ ਕੇ ਕਿਹਾ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਆਪਸ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ ? ੯ ਭਲਾ, ਤੁਹਾਨੂੰ ਹੁਣ ਵੀ ਸਮਝ ਨਹੀਂ ਆਈ ਅਤੇ ਤੁਹਾਨੂੰ ਯਾਦ ਨਹੀਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ ? ੧੦ ਅਤੇ ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ ? ੧੧ ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਇਹ ਕਿ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ ? ੧੨ ਤਦ ਉਹ ਸਮਝੇ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ ।
ਪਤਰਸ ਕਬੂਲ ਕਰਦਾ ਹੈ ਕਿ ਯਿਸੂ ਹੀ “ਮਸੀਹ” ਹੈ
(ਮਰਕੁਸ 8:27-30; ਲੂਕਾ 9:18-21)
੧੩ ਯਿਸੂ ਨੇ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆ ਕੇ ਆਪਣੇ ਚੇਲਿਆਂ ਨੂੰ ਇਹ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤਰ ਨੂੰ ਕੀ ਆਖਦੇ ਹਨ ? ੧੪ ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ । ੧੫ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੋ ਮੈਂ ਕੌਣ ਹਾਂ ? ੧੬ ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ । ੧੭ ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ । ੧੮ ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁੱਝ ਵੱਸ ਨਾ ਚੱਲੇਗਾ । ੧੯ ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁੱਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁੱਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ । ੨੦ ਤਦ ਉਹ ਨੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਜੋ ਮੈਂ ਮਸੀਹ ਹਾਂ ।
ਆਪਣੀ ਮੌਤ ਦੇ ਬਾਰੇ ਯਿਸੂ ਦੀ ਭਵਿੱਖਬਾਣੀ
(ਮਰਕੁਸ 8:31-33; ਲੂਕਾ 9:22)
੨੧ ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ । ੨੨ ਤਦ ਪਤਰਸ ਨੇ ਉਹ ਨੂੰ ਇੱਕ ਪਾਸੇ ਕਰ ਕੇ ਕਿਹਾ, ਪ੍ਰਭੂ ਜੀ, ਪਰਮੇਸ਼ੁਰ ਇਹ ਨਾ ਕਰੇ ! ਤੇਰੇ ਲਈ ਇਹ ਕਦੇ ਨਾ ਹੋਵੇਗਾ ! ੨੩ ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ ।
ਯਿਸੂ ਦੇ ਪਿੱਛੇ ਚੱਲਣ ਦਾ ਅਰਥ
(ਮਰਕੁਸ 8:34—9:1; ਲੂਕਾ 9:23-27)
੨੪ ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ । ੨੫ ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ, ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ । ੨੬ ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ ? ੨੭ ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ । ੨੮ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਮੌਤ ਦਾ ਸੁਆਦ ਨਾ ਚੱਖਣਗੇ ਜਦ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ ।