੧੬
੧ ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ । ੨ ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ, ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ । ੩ ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ । ੪ ਯਹੋਵਾਹ ਨੇ ਸਾਰੀਆਂ ਵਸਤਾਂ ਖਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ । ੫ ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ । ੬ ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ । ੭ ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ । ੮ ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ । ੯ ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ । ੧੦ ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ । ੧੧ ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ । ੧੨ ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ । ੧੩ ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ । ੧੪ ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ । ੧੫ ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ । ੧੬ ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ । ੧੭ ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ । ੧੮ ਨਾਸ਼ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ । ੧੯ ਘੁਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ । ੨੦ ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ ! ੨੧ ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ । ੨੨ ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ । ੨੩ ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ । ੨੪ ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ । ੨੫ ਇੱਕ ਅਜਿਹਾ ਰਾਹ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਹੈ । ੨੬ ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ, ਉਹ ਦੀ ਭੁੱਖ ਉਹ ਨੂੰ ਉਭਾਰਦੀ ਹੈ । ੨੭ ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਂਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ । ੨੮ ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤ੍ਰਾਂ ਵਿੱਚ ਫੁੱਟ ਪਾ ਦਿੰਦਾ ਹੈ । ੨੯ ਹਨ੍ਹੇਰ ਕਰਨ ਵਾਲਾ ਆਪਣੇ ਗੁਆਂਢੀ ਨੂੰ ਫੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ । ੩੦ ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁੱਟਣ ਵਾਲਾ ਬੁਰਿਆਈ ਕਰ ਛੱਡਦਾ ਹੈ । ੩੧ ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ । ੩੨ ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ । ੩੩ ਬੁੱਕਲ ਵਿੱਚ ਪਰਚੀਆਂ ਪਾਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦਾ ਫੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ ।